ਲੋਕ ਸਭਾ ਚੋਣਾਂ ਨੂੰ ਲੈ ਕੇ ਭਗਵੰਤ ਮਾਨ ਦਾ ਵੱਡਾ ਬਿਆਨ

ਪੰਜਾਬ ਵਿੱਚ ਇਸ ਵੇਲੇ ਸਭ ਤੋਂ ਚਰਚਿਤ ਗੱਲਬਾਤ ਪੰਜਾਬ ਵਿੱਚ ਕਾਂਗਰਸ ਅਤੇ ਆਪ ਦੇ ਗਠਜੋੜ ਨੂੰ ਲੈ ਕੇ ਹੈ। ਐਤਵਾਰ ਨੂੰ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਜਦੋਂ ਦਿੱਲੀ ’ਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨਾਲ ਸੀਟਾਂ ਦੀ ਵੰਡ ਬਾਰੇ ਚਰਚਾ ਕਰ ਰਹੇ ਸਨ ਤਾਂ ਉਸੇ ਸਮੇਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਸੂਬੇ ’ਚ ਪਾਰਟੀ ਸਾਰੀਆਂ 13 ਸੀਟਾਂ ’ਤੇ ਜਿੱਤ ਹਾਸਲ ਕਰੇਗੀ। ਵੈਸੇ ਪੰਜਾਬ ਵਿੱਚ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ‘ਆਪ’ ਅਤੇ ਕਾਂਗਰਸ ਦਰਮਿਆਨ ਸਿਆਸੀ ਗੱਠਜੋੜ ਹੋਣ ਦੇ ਆਸਾਰ ਬਹੁਤ ਘੱਟ ਦਿਖਾਈ ਦੇ ਰਹੇ ਹਨ। ਦੋਵੇਂ ਸਿਆਸੀ ਧਿਰਾਂ ਨੇ ਇਕੱਲਿਆਂ ਚੋਣਾਂ ਲੜਨ ਲਈ ਤਿਆਰੀਆਂ ਵਿੱਢੀਆਂ ਹੋਈਆਂ ਹਨ। ਇਸ ਬਾਰੇ ‘ਆਪ’ ਜਾਂ ਕਾਂਗਰਸ ਵੱਲੋਂ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਲ ਨੇ ਅੱਜ ਐਕਸ ਰਾਹੀ ਪਾਵਰ ਕਾਮ ਦੀ 564 ਕਰੋੜ ਰੁਪਏ ਦਾ ਮੁਨਾਫ਼ਾ ਕਮਾਉਣ ਦੀ ਖ਼ਬਰ ਸਾਂਝੀ ਕਰਦਿਆਂ ਟਵੀਟ ਕੀਤਾ, ‘‘ਹੁਣ ਤੱਕ ਮੁੱਠੀ ਭਰ ਪਰਿਵਾਰ ਪੰਜਾਬ ਦਾ ਸਾਰਾ ਪੈਸਾ ਲੁੱਟਦੇ ਸਨ। ‘ਆਪ’ ਦੀ ਇਮਾਨਦਾਰ ਸਰਕਾਰ ਸੱਤਾ ’ਚ ਆਉਣ ਨਾਲ ਹਾਲਾਤ ਤੇਜ਼ੀ ਨਾਲ ਬਦਲਣੇ ਸ਼ੁਰੂ ਹੋ ਗਏ ਹਨ। ਪਿਛਲੀਆਂ ਸਰਕਾਰਾਂ ਤੇ ਰਵਾਇਤੀ ਸਿਆਸਤਦਾਨਾਂ ਨੇ 75 ਸਾਲ ਪੰਜਾਬ ਨੂੰ ਲੁੱਟਿਆ, ਥੋੜ੍ਹਾ ਸਮਾਂ ਲੱਗੇਗਾ ਪਰ ਸਭ ਕੁਝ ਠੀਕ ਹੋ ਜਾਵੇਗਾ।’’ ਇਸ ਦੇ ਜਵਾਬ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, ‘‘ਅਰਵਿੰਦ ਕੇਜਰੀਵਾਲ ਨੇ ਦੇਸ਼ ’ਚ ਇਮਾਨਦਾਰ ਤੇ ਪਾਰਦਰਸ਼ੀ ਰਾਜਨੀਤੀ ਦੀ ਮਸ਼ਾਲ ਜਗਾਈ, ਪੰਜਾਬ ਉਸੇ ਮਸ਼ਾਲ ਤੋਂ ਰੌਸ਼ਨੀ ਲੈ ਕੇ ਹੀਰੋ ਬਣ ਰਿਹਾ ਹੈ।’’

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਰਵਿੰਦ ਕੇਜਰੀਵਾਲ ਦੇ ਨਕਸ਼ੇ-ਕਦਮਾਂ ’ਤੇ ਚੱਲਦਿਆਂ ਸੂਬੇ ਦੇ ਆਮ ਲੋਕਾਂ ਦੀ ਸਹੂਲਤ ਲਈ ਜਨਤਕ ਖੇਤਰ ਨੂੰ ਮਜ਼ਬੂਤ ​​ਕਰ ਰਹੀ ਹੈ। ਮਾਨ ਨੇ ਇੱਕ ਵਾਰ ਫਿਰ ਪੰਜਾਬ ’ਚ ਆਮ ਚੋਣਾਂ ਇਕੱਲਿਆਂ ਲੜਨ ਦਾ ਸੰਕੇਤ ਦਿੰਦਿਆਂ ਕਿਹਾ, ‘‘ਆਮ ਆਦਮੀ ਪਾਰਟੀ ਸੂਬੇ ਦੀਆਂ ਸਾਰੀਆਂ 13 ਸੀਟਾਂ ’ਤੇ ਜਿੱਤ ਹਾਸਲ ਕਰੇਗੀ।’’ ਦੂਜੇ ਪਾਸੇ ਪੰਜਾਬ ਵਿੱਚੋਂ ਬਿਜਲੀ ਸੰਕਟ ਨੂੰ ਖਤਮ ਕਰਨ ਲਈ ਭਗਵੰਤ ਮਾਨ ਸਰਕਾਰ ਐਕਸ਼ਨ ਮੋਡ ਵਿੱਚ ਹੈ। ਇਸ ਲਈ ਗੋਇੰਦਵਾਲ ਥਰਮਲ ਪਲਾਂਟ ਨੂੰ ਖਰੀਦਣ ਤੋਂ ਬਾਅਦ ਪੰਜਾਬ ਸਰਕਾਰ ਨੇ ਹੁਣ ਇਸ ਨੂੰ ਚਲਾਉਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਸਰਕਾਰ ਗਰਮੀਆਂ ਤੇ ਝੋਨੇ ਦੇ ਸੀਜ਼ਨ ਯਾਨੀ ਜੂਨ ਤੱਕ ਇਸ ਪਲਾਂਟ ਤੋਂ ਬਿਜਲੀ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਪਲਾਂਟ ਦੀ ਸੰਭਾਲ ਲਈ ਇੱਕ ਕਮੇਟੀ ਬਣਾਈ ਗਈ ਹੈ।