ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅੱਜ ਬਾਅਦ ਦੁਪਹਿਰ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚੋਂ ਛੁੱਟੀ ਮਿਲ ਗਈ ਹੈ। ਉਹ ਹਸਪਤਾਲ ਤੋਂ ਆਪਣੇ ਕਾਫਲੇ ਨੂੰ ਨਾਲ ਲੈ ਕੇ ਘਰ ਪਹੁੰਚੇ। ਭਗਵੰਤ ਮਾਨ 26 ਸਤੰਬਰ ਤੋਂ ਹਸਪਤਾਲ ਵਿੱਚ ਭਰਤੀ ਸਨ। ਉੱਥੇ ਹੀ ਹਸਪਤਾਲ ਤੋਂ ਛੁੱਟੀ ਲੈਣ ਤੋਂ ਬਾਅਦ ਸ਼ਾਮ ਕਰੀਬ 5 ਵਜੇ ਮੁੱਖ ਮੰਤਰੀ ਆਪਣੇ ਗ੍ਰਹਿ ਸਥਾਨ ‘ਤੇ ਪਹੁੰਚੇ ਅਤੇ ਇੱਕ ਵੱਡੀ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਮੁੱਖ ਮੰਤਰੀ ਨੇ ਕਈ ਅਹਿਮ ਫੈਸਲੇ ਲਏ। ਦੱਸਿਆ ਜਾ ਰਿਹਾ ਹੈ ਕਿ ਇਸ ਮੀਟਿੰਗ ਵਿੱਚ ਆਉਣ ਵਾਲੀ ਝੋਨੇ ਦੀ ਫਸਲ ਨੂੰ ਲੈ ਕੇ ਕਾਫੀ ਚਰਚਾ ਹੋਈ ਅਤੇ ਮੰਡੀਆਂ ਵਿੱਚ ਝੋਨੇ ਦੀ ਫਸਲ ਦੀ ਖਰੀਦ ਦੇ ਪੁਖਤਾ ਇੰਤਜ਼ਾਮ ਕਰਨ ਦੇ ਹੁਕਮ ਦਿੱਤੇ।
ਇਸ ਤੋਂ ਪਹਿਲਾਂ ਅੱਜ ਉਹਨਾਂ ਨੂੰ ਮਿਲਣ ਕਈ ਵਿਧਾਇਕ ਤੇ ਮੰਤਰੀ ਵੀ ਪਹੁੰਚੇ ਸਨ। ਇਸ ਮੀਟਿੰਗ ਵਿੱਚ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਹਰਜੋਤ ਬੈਂਸ ਸ਼ਾਮਿਲ ਸਨ। ਮੁੱਖ ਮੰਤਰੀ ਨੇ ਇਸ ਮੀਟਿੰਗ ਬਾਰੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਉੱਤੇ ਵੀ ਜਾਣਕਾਰੀ ਦਿੱਤੀ ਹੈ। ਜਿਸ ਤੋਂ ਬਾਅਦ ਮੀਡੀਆ ਰਾਹੀਂ ਇਹ ਖਬਰਾਂ ਸਾਹਮਣੇ ਆਈਆਂ ਕਿ ਮੁੱਖ ਮੰਤਰੀ ਵੱਲੋਂ ਇੱਕ ਅਹਿਮ ਮੀਟਿੰਗ ਕੀਤੀ ਗਈ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਵੱਲੋਂ ਪੰਜਾਬ ਦੇ ਕਈ ਅਹਿਮ ਮੁੱਦਿਆਂ ਬਾਰੇ ਵੀ ਚਰਚਾ ਕੀਤੀ ਗਈ।
ਜਿਸ ਵਿੱਚ ਲਾਅ ਯੂਨੀਵਰਸਿਟੀ ਦੇ ਵਿਦਿਆਰਥੀਆਂ ਨਾਲ ਵੀ ਉਹਨਾਂ ਨੇ ਗੱਲਬਾਤ ਕੀਤੀ ਅਤੇ ਵਿਦਿਆਰਥੀਆਂ ਨੂੰ ਯਕੀਨ ਦਵਾਇਆ ਕਿ ਸਰਕਾਰ ਉਹਨਾਂ ਦੇ ਨਾਲ ਖੜੀ ਹੈ ਅਤੇ ਉਹਨਾਂ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਉਧਰ ਦੂਜੇ ਪਾਸੇ ਇੱਕ ਮੀਡੀਆ ਰਿਪੋਰਟ ਮੁਤਾਬਕ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਕਹਿਣਾ ਹੈ ਕਿ ਉਹਨਾਂ ਦੀਆਂ ਕਈ ਫਾਈਲਾਂ ਮੁੱਖ ਮੰਤਰੀ ਵੱਲੋਂ ਹਸਪਤਾਲ ਵਿੱਚੋਂ ਹੀ ਕਲੀਅਰ ਕੀਤੀਆਂ ਗਈਆਂ ਹਨ । ਦੂਜੇ ਪਾਸੇ ਭਗਵੰਤ ਮਾਨ ਦੀ ਸਿਹਤ ਨੂੰ ਲੈ ਕੇ ਮੋਹਾਲੀ ਦੇ ਨਿਜੀ ਹਸਪਤਾਲ ਦੇ ਨਿਰਦੇਸ਼ਕ ਅਤੇ ਮਾਹਰ ਡਾਕਟਰ ਆਰ ਕੇ ਜਸਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਨੂੰ 2 ਵਜੇ ਛੁੱਟੀ ਦਿੱਤੀ ਗਈ ਹੈ। ਉਹਨਾਂ ਦੇ ਸਾਰੇ ਪੈਰਾਮੀਟਰ ਅਤੇ ਮੈਡੀਕਲ ਟੈਸਟ ਠੀਕ ਪਾਏ ਗਏ ਹਨ। ਜਿਸ ਤੋਂ ਬਾਅਦ ਡਾਕਟਰਾਂ ਨੇ ਮੁੱਖ ਮੰਤਰੀ ਨੂੰ ਛੁੱਟੀ ਦੇਣ ਦਾ ਫੈਸਲਾ ਕੀਤਾ ਹੈ।
Leave a Reply